ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ – ਚੇਤਨ ਸਿੰਘ ਜੌੜਾਮਾਜਰਾ

ਲੁਧਿਆਣਾ, 27 ਦਸੰਬਰ (000):

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ ਤਾਂ ਜੋ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਸੁਚੱਜੇ ਢੰਗ ਨਾਲ ਹੱਲ ਕੀਤਾ ਜਾ ਸਕੇ।

ਸਥਾਨਕ ਬੱਚਤ ਭਵਨ ਵਿਖੇ ਲੁਧਿਆਣਾ ਕੈਨਾਲ ਸਰਕਲ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਪਾਣੀ ਦੀ ਸੰਭਾਲ ਲਈ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਗਰੇਵਾਲ, ਰਜਿੰਦਰਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਅਮਿਤ ਰਤਨ, ਗੁਰਦਿੱਤ ਸਿੰਘ ਸੇਖੋਂ, ਮਨਜੀਤ ਸਿੰਘ ਬਿਲਾਸਪੁਰ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਜਲ ਸੰਭਾਲ ਨਾਲ ਸਬੰਧਤ ਸਾਰੇ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਹਿਰਾਂ ਰਾਹੀਂ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਕਦਮ ਚੁੱਕ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।

ਸਬੰਧਤ ਵਿਧਾਇਕਾਂ ਵੱਲੋਂ ਉਠਾਏ ਗਏ ਸਿੰਚਾਈ, ਨਹਿਰੀ ਪ੍ਰਣਾਲੀ ਅਤੇ ਜ਼ਮੀਨ ਹੇਠਲੇ ਪਾਣੀ ਦੇ ਪ੍ਰਬੰਧਨ ਸਬੰਧੀ ਮੁੱਦਿਆਂ ਨੂੰ ਸੁਣਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਅਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਵਿਧਾਇਕਾਂ ਅਤੇ ਚੇਅਰਮੈਨਾਂ ਵੱਲੋਂ ਚੁੱਕੇ ਗਏ ਮੁੱਦਿਆਂ ‘ਤੇ ਹੋਈ ਪ੍ਰਗਤੀ ਦੀ ਸਮੀਖਿਆ ਕਰਨ ਲਈ ਅਗਲੇ ਮਹੀਨੇ ਇੱਕ ਸਮੀਖਿਆ ਮੀਟਿੰਗ ਵੀ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਡਰੇਨਾਂ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਡਰੇਨੇਜ ਸਿਸਟਮ ਰਾਹੀਂ ਬਰਸਾਤੀ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਮਹੱਤਵਪੂਰਨ ਮੁੱਦਿਆਂ ਦੇ ਜਲਦੀ ਨਿਪਟਾਰੇ ਲਈ ਸਾਰੀਆਂ ਲੰਬਿਤ ਫਾਈਲਾਂ ਨੂੰ ਕਲੀਅਰ ਕੀਤਾ ਜਾਵੇ।

ਇਸ ਦੌਰਾਨ ਉਨ੍ਹਾਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਕਿਉਂਕਿ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *