ਖੇਤੀ ਸਮੱਗਰੀ ਵਿਕ੍ਰੇਤਾ, ਕਿਸਾਨਾਂ ਨੂੰ ਖਾਦਾਂ ਅਤੇ ਕੀਟਨਾਸ਼ਕ ਦੀ ਵਿਕਰੀ ਉਪਰੰਤ ਬਿੱਲ ਦੇਣਾ ਯਕੀਨੀ ਬਨਾਉਣ  : ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ 13 ਮਾਰਚ 2024

 ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਕੋਟਕਪੂਰਾ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ  ਮੀਟਿੰਗ ਇਫਕੋ ਦੇ ਸਹਿਯੋਗ ਨਾਲ ਸਥਾਨਕ  ਹਾਲ ਵਿੱਚ ਕੀਤੀ ਗਈ ਹੈ, ਜਿਸ ਵਿੱਚ  ਬਲਾਕ ਕੋਟਕਪੂਰਾ ਦੇ ਸਮੂਹ ਖੇਤੀ ਸਮੱਗਰੀ ਵਿਕਰੇਤਾ ਸ਼ਾਮਿਲ ਹੋਏ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ।

         ਮੀਟਿੰਗ ਵਿੱਚ ਮੌਜੂਦ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਜ਼ਿਲਾ ਫਰੀਦਕੋਟ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣੀ ਮੁੱਢਲੀ ਜਿੰਮੇਵਾਰੀ ਹੈ ਤਾਂ ਜੋ ਫਸਲਾਂ ਦੇ ਉਤਪਾਦਨ ਵਿੱਚ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ  ਖੇਤੀ ਸਮੱਗਰੀ ਵਿਕ੍ਰੇਤਾ, ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਵਿੱਚ ਅਹਿਮ ਕੜੀ ਦਾ ਕੰਮ ਕਰਦੇ ਹਨ ਅਤੇ ਹਰੇਕ ਡੀਲਰ ਨੂੰ ਖੇਤੀ ਤਕਨੀਕਾਂ ਦੀ ਜਾਣਕਾਰੀ ਪੱਖੋਂ ਮਜ਼ਬੂਤ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਖੇਤੀ ਤਕਨੀਕ ਪੱਖੋਂ ਮਜ਼ਬੂਤ ਹੋਣ ਲਈ ਹਰੇਕ ਡੀਲਰ ਦੇ ਕਾਉਂਟਰ ਉਪਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ  ਵੱਲੋਂ ਪ੍ਰਕਾਸ਼ਤ ਕੀਤੀ ਜਾਂਦੀ ਹਾੜੀ-ਸਾਉਣੀ ਦੀਆ ਫਸਲਾਂ ਦੀਆਂ ਕਾਸ਼ਤਕਾਰੀ ਸਿਫਾਰਸ਼ਾਂ ਦੀ ਕਿਤਾਬ ਅਤੇ ਚੰਗੀ ਖੇਤੀ ਮੈਗਜ਼ੀਨ ਹੋਣਾ ਚਾਹੀਦਾ ਹੈ।

ਉਹਨਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ। ਉਹਨਾਂ ਇਹ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਸੇਲ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ  ਜਾਣ । ਉਹਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985,ਇਸੈਕਟੀਸਾਈਡ ਐਕਟ 1968, ਸੀਡ ਕੰਟਰੋਲ ਆਰਡਰ 1983 ਅਤੇ ਜ਼ਰੂਰ ਵਸਤਾਂ ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ। ਇਸ ਮੀਟਿੰਗ ਵਿੱਚ ਆਲ ਇੰਡੀਆ ਡੀਲਰਜ ਐਸੋਸੀਏਸ਼ਨ ਦੇ ਸਕੱਤਰ ਸੁਰਿੰਦਰ ਸਿੰਘ  ਬੜੀਵਾਲਾ ਵਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਕਿਸਾਨੀ ਦੀ ਸੇਵਾ ਵਿੱਚ ਬਣਦਾ ਯੋਗਦਾਨ ਪਾਇਆ ਜਾਵੇਗਾ ਅਤੇ ਵਿਭਾਗੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ l ਇਫਕੋ ਦੇ ਖੇਤਰੀ ਪ੍ਰਬੰਧਕ ਨੇ ਕਿਸਾਨਾਂ ਨੂੰ ਇਫਕੋ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਨੈਣੋ  ਯੂਰੀਆ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ l

ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਡਾ. ਗੁਰਮਿੰਦਰ ਸਿੰਘ, ਡਾ. ਨਿਸ਼ਾਨ ਸਿੰਘ, ਬਲਾਕ ਕੋਟਕਪੂਰਾ ਦੇ ਖੇਤੀ ਸਮੱਗਰੀ ਵਿਕਰੇਤਾ ਯੂਨੀਅਨ ਦੇ ਪ੍ਰਧਾਨ ਰਾਜਨ ਸਮੇਤ ਵੱਡੀ ਗਿਣਤੀ ਵਿੱਚ ਡੀਲਰ ਮੌਜੂਦ ਹਾਜ਼ਰ ਸਨ।

Leave a Reply

Your email address will not be published. Required fields are marked *