ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ਵਿੱਚ ਲੋਕਾਂ ਵੱਲੋਂ ਮਿਲ ਰਿਹਾ ਭਾਰੀ ਸਮਰਥਨ-ਸ. ਲਾਲਜੀਤ ਸਿੰਘ ਭੁੱਲਰ

ਤਰਨ ਤਾਰਨ, 25 ਮਈ :
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡਾਂ ਵਿੱਚ ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਸਾਨੂੰ ਸਾਰਿਆ ਨੂੰ ਸਾਂਝੇ ਤੌਰ ‘ਤੇ ਆਪਣਾ ਯੋਗਦਾਨ ਪਾਉਣਾ ਪਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਆਸਲ, ਭੱਗੂਪੁਰ, ਸੈਦੋ, ਬਰਵਾਲਾ ਅਤੇ ਸੰਗਵਾਂ ਵਿਖੇ “ਨਸ਼ਾ ਮੁਕਤੀ ਯਾਤਰਾ” ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫ਼ਤ ਵਿੱਚ ਜਕੜਨ ਵਾਲੇ ਅਕਿਤ੍ਰਘਣ ਨਸ਼ਿਆਂ ਦੇ ਸੌਦਾਗਰ ਜੇਲ੍ਹਾਂ ਵਿਚ ਡੱਕਣਾ ਬਹੁਤ ਜ਼ਰੂਰੀ ਹੈ।ਇਸ ਲਈ ਪੰਜਾਬ ਸਰਕਾਰ ਨੇ ਇੱਕ ਵਿਆਪਕ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜਿਸ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਫਿਰ ਵੀ ਨਸ਼ੇ ਦੇ ਕੋੜ੍ਹ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਆਮ ਲੋਕਾਂ ਦੇ ਸਹਿਯੋਗ ਦੀ ਅਹਿਮ ਲੋੜ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ “ਨਸ਼ਾ ਮੁਕਤੀ ਯਾਤਰਾ” ਤਹਿਤ ਹਰ ਪਿੰਡ, ਸ਼ਹਿਰ ਗਲੀ ਮੁਹੱਲੇ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ, ਕਿ ਉਹ ਨਸ਼ਾ ਵਿਕ੍ਰੇਤਾਵਾਂ ਦੀ ਸੂਚਨਾ ਬੇਖ਼ੌਫ ਹੋ ਕੇ ਦੇਣ ਪੁਲਿਸ ਨੂੰ ਦੇਣ। ਉਨ੍ਹਾਂ ਕਿਹਾ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦਾ ਨਾਮ, ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਜਕੜਨ ਵਿਚ ਆਏ ਭੋਲੇ ਭਾਲੇ ਲੋਕਾਂ ਨਾਲ ਹਮਦਰਦੀ ਨਾਲ ਨਜਿੱਠਿਆ ਜਾਵੇਗਾ।ਉਹਨਾਂ ਕਿਹਾ ਕਿ ਨਸ਼ੇ ਦੀ ਭੈੜੀ ਬਿਮਾਰੀ ਤੋਂ ਪੀੜ੍ਹਤ ਵਿਅਕਤੀਆਂ ਦੇ ਇਲਾਜ ਲਈ ਸਰਕਾਰ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਅਤੇ ਉਹਨਾਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਾਖਲ ਕਰਕੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਇਹ ਮਿਸ਼ਨ ਸਿਰਫ਼ ਸਰਕਾਰ ਅਤੇ ਪੁਲਿਸ ਵਿਭਾਗ ਰਾਹੀਂ ਸਫਲ ਨਹੀਂ ਬਣਾਇਆ ਜਾ ਸਕਦਾ, ਇਸ ਲਈ ਹਰ ਇੱਕ ਨਾਗਰਿਕ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿਆਪਕ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਹੋਈ ਆਮਦਨ ਤੋਂ ਜਾਇਦਾਦਾਂ ਖੜੀਆਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਚੱਲ ਰਹੀ ਹੈ।
ਇਸ ਮੌਕੇ ਉਹਨਾਂ ਇਲਾਕਾ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਪੁੱਟਣ ਲਈ ਸਰਕਾਰ ਦਾ ਸਾਥ ਦੇਣ।ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ, ਜਿੱਥੇ ਨਸ਼ਿਆਂ ਵਰਗੀਆਂ ਅਲਾਮਤਾਂ ਲਈ ਕੋਈ ਥਾਂ ਨਹੀਂ ਹੈ।ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਖੇਡਾਂ ਨਾਲ ਜੁੜਨ।ਉਨ੍ਹਾਂ ਕਿਹਾ ਕਿ ਖੇਡਾਂ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਨਵੀਂ ਦਸ਼ਾ ਅਤੇ ਦਿਸ਼ਾ ਮਿਲਦੀ ਹੈ ਜਿਸ ਨਾਲ ਉਨ੍ਹਾਂ ਦੀ ਊਰਜਾ ਸਹੀ ਥਾਂ ਉੱਤੇ ਲੱਗਦੀ ਹੈ।ਇਸ ਮੌਕੇ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਪਿੰਡ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ।
ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਤੋਂ ਇਲਾਵਾ ਪਿੰਡਾਂ ਦੇ ਪੰਚ-ਸਰਪੰਚ, ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *