ਮਹਿਲ ਕਲਾਂ, 18 ਜੂਨ
ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵੱਲੋਂ ਪਿੰਡ ਕੁਰੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਪੱਧਰੀ ‘ਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਡਾ. ਅਮਨਦੀਪ ਕੌਰ ਸਹਾਇਕ ਪ੍ਰੋਫੈਸਰ, ਫਾਰਮ ਸਲਾਹਕਾਰ ਕੇਂਦਰ, ਬਰਨਾਲਾ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤੇ ਸਾਉਣੀ ਦੀਆਂ ਫਸਲਾ ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸ੍ਰੀ ਸਨਵਿੰਦਰਪਾਲ ਸਿੰਘ ਬਰਾੜ ਬਲਾਕ ਤਕਨੀਕੀ ਮੈਨਜਰ ਮਹਿਲ ਕਲਾਂ ਨੇ ਕਿਸਾਨਾਂ ਨੂੰ ਦਾਲਾਂ ਦੀ ਪ੍ਰੋਸੈਸਿੰਗ ਕਰਨ ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਕਿਸਾਨਾਂ ਨੂੰ ਘਰ ਵਿੱਚ
ਵਰਤੇ ਜਾਣ ਵਾਲੇ ਖਾਣ ਵਾਲੀਆਂ ਵਸਤੂਆਂ ਆਪਣੇ ਹੀ ਖੇਤਾਂ ਵਿੱਚ ਜੈਵਿਕ ਖੇਤੀ ਰਾਹੀਂ ਪੈਦਾ ਕਰਨ ਲਈ ਪ੍ਰੇਰਿਆ।
ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਨੌਜਵਾਨਾਂ ਨੂੰ ਨਸ਼ਿਆ ਦੀ ਦਲਦਲ ਵਿਚੋਂ ਕੱਢਣ ਲਈ ਖੇਤੀਬਾੜੀ-ਸਹਾਇਕ ਧੰਦੇ ਜਿਵੇਂ ਕਿ
ਬੱਕਰੀ-ਪਾਲਣ, ਡੇਅਰੀ-ਪਾਲਣ, ਅਪਣਾਉਣ ਲਈ ਜਾਣਕਾਰੀ ਦਿੱਤੀ। ਸ੍ਰੀ ਹਰਪਾਲ ਸਿੰਘ ਏ.ਐੱਸ.ਆਈ. ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪੋਰਟਲ ਜਾਰੀ ਕੀਤਾ ਗਿਆ ਹੈ, ਇਸ ਵਿੱਚ ਕਿਸਾਨ ਆਪਣੀ ਡੀਟੇਲ ਰਜਿਸਟਰ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਦਾ ਸਾਥ ਦੇਣ।
ਇਸ ਮੌਕੇ ਸ੍ਰੀ ਕੁਲਵੀਰ ਸਿੰਘ ਮਾਨ ਏ.ਟੀ.ਐੱਮ. ਨੇ ਕਿਸਾਨਾਂ ਨੂੰ ਆਤਮਾ ਪ੍ਰੋਜੈਕਟ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਸ੍ਰੀ ਹਰਪਿੰਦਰ ਸਿੰਘ ਸੈਕਟਰੀ, ਸ੍ਰੀ ਕੁਲਦੀਪ ਸਿੰਘ ਬੇਲਦਾਰ ਤੋਂ ਇਲਾਵਾ ਕਿਸਾਨ ਸੁਖਵੀਰ ਸਿੰਘ, ਮਨਪ੍ਰੀਤ ਸਿੰਘ, ਗੁਰਤੇਜ ਸਿੰਘ, ਬਲਜੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ।
