
ਮਾਨਸਾ, 12 ਅਗਸਤ:
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ”ਹਰ ਘਰ ਤਿਰੰਗਾ, ਹਰ ਘਰ ਸਵੱਛਤਾ” ਮੁਹਿੰਮ ਤਹਿਤ ਸੁਤੰਤਰਤਾ ਦਿਹਾੜੇ ਨੂੰ ਸਮਰਪਿਤ 15 ਅਗਸਤ ਤੱਕ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਕੇਵਲ ਗਰਗ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵਿਭਾਗ ਦੇ ਸੋਸ਼ਲ ਸਟਾਫ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪਿੰਡਾਂ ਵਿਚ, ਸਕੂਲਾਂ ਵਿਚ ਪਾਣੀ ਦੀ ਸਾਂਭ ਸੰਭਾਲ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਬਾਰੇ ਪਿੰਡ ਵਾਸੀਆਂ ਤੇ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਸਾਂਭ ਸੰਭਾਲ ਬਹੁਤ ਲਾਜ਼ਮੀ ਹੈ, ਸਾਨੂੰ ਸਾਰਿਆਂ ਨੂੰ ਪਾਣੀ ਦੀ ਦੁਰਵਰਤੋਂ ਨੂੰ ਰੋਕ ਕੇ ਇਸ ਦੀ ਸੁਚੱਜੀ ਤੇ ਲੋੜ ਅਨੁਸਾਰ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਵਾਤਾਵਰਣ ਦੀ ਸਵੱਛਤਾ ਲਈ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਵੀ ਲਾਜ਼ਮੀ ਹੈ। ਆਲੇ ਦੁਆਲੇ ਕੂੜਾ ਕਰਕਟ ਸੁੱਟਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਣ ਸਾਫ ਰਹੇ ਅਤੇ ਲੋਕ ਤੰਦਰੁਸਤ ਤੇ ਬਿਮਾਰੀ ਰਹਿਤ ਜੀਵਨ ਜਿਉਂ ਸਕਣ।
ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਵਾਤਾਵਰਣ ਤੇ ਪਾਣੀ ਦੀ ਸਾਂਭ ਸੰਭਾਲ ਲਈ ਖੁਦ ਵੀ ਜਿੰਮੇਵਾਰ ਨਾਗਰਿਕ ਦੀ ਭੂਮਿਕਾ ਅਦਾ ਕਰੇ ਅਤੇ ਹੋਰਨਾਂ ਨੂੰ ਵੀ ਅਜਿਹਾ ਕਰਨ ਲਈ ਜਾਗਰੂਕ ਕਰੇ।