ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ

ਕਲਾਨੌਰ/ਗੁਰਦਾਸਪੁਰ, 18 ਅਗਸਤ (           ) – ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਨਵ-ਨਿਯੁਕਤ ਚੇਅਰਮੈਨ ਜੋਬਨ ਰੰਧਾਵਾ, ਐੱਸ.ਡੀ.ਐੱਮ. ਜਯੋਤਸਨਾ ਸਿੰਘ, ਜਲ ਸਪਲਾਈ ਵਿਭਾਗ ਦੇ ਚੀਫ਼ ਇੰਜੀ: ਰਾਜੇਸ਼ ਦੂਬੇ, ਐੱਸ.ਈ. ਨਰਿੰਦਰ ਸਿੰਘ, ਐਕਸੀਅਨ ਵਿਜੇ ਕੁਮਾਰ, ਐਕਸੀਅਨ ਧਾਲੀਵਾਲ, ਐੱਸ.ਡੀ.ਓ. ਕੰਵਰਜੀਤ ਸਿੰਘ ਰੱਤੜਾ, ਐੱਸ.ਡੀ.ਓ. ਰਾਹੁਲ ਅਤੇ ਤਹਿਸੀਲਦਾਰ ਰਜਿੰਦਰ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।

ਇਨ੍ਹਾਂ ਦੋਵਾਂ ਜਲ ਸਪਲਾਈ ਸਕੀਮਾਂ ਨੂੰ ਲੋਕ ਅਰਪਣ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ 100 ਫ਼ੀਸਦੀ ਵਸੋਂ ਨੂੰ ਪੀਣ ਲਈ ਸ਼ੁੱਧ ਤੇ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਨਾਹਰਪੁਰ ਵਿਖੇ 62.36 ਲੱਖ ਰੁਪਏ ਖ਼ਰਚ ਕਰਕੇ ਪਿੰਡ ਦੇ 153 ਘਰਾਂ ਨੂੰ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਦਾ ਡੂੰਘਾ ਬੋਰ ਕਰਕੇ 25000 ਲੀਟਰ ਦੀ ਟੈਂਕੀ ਬਣਾਈ ਗਈ ਹੈ ਅਤੇ ਪਾਈਪ ਲਾਈਨ, ਸੋਲਰ ਪੈਨਲ, ਕਲੋਰੀਨੇਟਰ, ਪਾਣੀ ਦੇ ਨਵੇਂ ਕੁਨੈਕਸ਼ਨ ਆਦਿ ਦਾ ਕੰਮ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਸਵੱਛ ਭਾਰਤ ਮਿਸ਼ਨ ਤਹਿਤ 7.20 ਲੱਖ ਰੁਪਏ ਖ਼ਰਚ ਕਰਕੇ 48 ਪਖਾਨੇ ਬਣਾਏ ਗਏ ਹਨ।

ਇਸੇ ਤਰਾਂ ਪਿੰਡ ਨਾਰੋਵਾਲੀ ਵਿਖੇ 48.68 ਲੱਖ ਰੁਪਏ ਖ਼ਰਚ ਕਰਕੇ ਜਲ ਸਪਲਾਈ ਸਕੀਮ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪਿੰਡ ਦੇ 58 ਘਰਾਂ ਨੂੰ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ ਮਿਲੀ ਹੈ। ਪਿੰਡ ਵਿੱਚ ਸਵੱਛ ਭਾਰਤ ਮਿਸ਼ਨ ਤਹਿਤ 4.05 ਲੱਖ ਰੁਪਏ ਖ਼ਰਚ ਕਰਕੇ 27 ਪਖਾਨੇ ਬਣਾਏ ਗਏ ਹਨ।  

ਇਸ ਮੌਕੇ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦ‌ੀ ਅਗਵਾਈ ਹੇਠ ਪੰਜਾਬ ਸਰਕਾਰ ਅਵਾਮ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੀ ਸਹੂਲਤ ਨਾਲ 90 ਫ਼ੀਸਦੀ ਤੋਂ ਵੱਧ ਖ਼ਪਤਕਾਰਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ। ਮਾਨ ਸਰਕਾਰ ਨੇ ਸਾਢੇ ਤਿੰਨ ਸਾਲਾਂ ਵਿੱਚ 55,000 ਤੋਂ ਵੱਧ ਸਰਕਾਰੀ ਨੌਂਕਰੀਆਂ ਦਿੱਤੀਆਂ ਹਨ। ਸਿੱਖਿਆ ਕ੍ਰਾਂਤੀ ਤੇ ਸਿਹਤ ਕ੍ਰਾਂਤੀ ਤਹਿਤ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਅਕਤੂਬਰ 2025 ਤੋਂ ਮਾਨ ਸਰਕਾਰ ਵੱਲੋਂ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਹਰ ਖੇਤਰ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ। ਇਸ ਮੌਕੇ ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਦੋਵੇਂ ਜਲ ਸਕੀਮਾਂ ਵਿੱਚ ਪੌਦੇ ਵੀ ਲਗਾਏ।

ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਪਲਾਈ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦਾ ਧੰਨਵਾਦ ਕਰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਦੋਵੇਂ ਹੀ ਜਲ ਸਪਲਾਈ ਸਕੀਮਾਂ ਰਿਕਾਰਡ ਸਮੇਂ ਵਿੱਚ ਤਿਆਰ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਸਰਕਾਰ ਬਣੀ ਹੈ ਉਦੋਂ ਤੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ 6.82 ਕਰੋੜ ਰੁਪਏ ਦੀ ਲਾਗਤ ਨਾਲ 13 ਜਲ ਸਪਲਾਈ ਸਕੀਮਾਂ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਇਸ ਤੋਂ ਇਲਾਵਾ ਹਲਕੇ ਵਿੱਚ 1.62 ਕਰੋੜ ਰੁਪਏ ਦੀ ਲਾਗਤ ਨਾਲ 54 ਕਮਿਊਨਿਟੀ ਸੈਨੇਟਰੀ ਕੰਪਲੈਕਸ ਬਣਾਏ ਗਏ ਹਨ।  ਇਸ ਦੇ ਨਾਲ ਹੀ ਇਸ ਅਰਸੇ ਦੌਰਾਨ ਡੇਰਾ ਬਾਬਾ ਨਾਨਕ ਹਲਕੇ ਵਿੱਚ 13.4 ਕਰੋੜ ਰੁਪਏ ਦੀ ਲਾਗਤ ਨਾਲ 1480 ਪਖਾਨੇ ਬਣਾਏ ਜਾ ਰਹੇ ਹਨ ਜਿਨ੍ਹਾਂ ਵਿੱਚੋਂ 898 ਬਣ ਚੁੱਕੇ ਹਨ ਜਦਕਿ ਬਾਕੀ ਦਾ ਕੰਮ ਜਾਰੀ ਹੈ। ਸ. ਰੰਧਾਵਾ ਨੇ ਹਲਕੇ ਦੇ ਵਿਕਾਸ ਕਾਰਜ ਏਵੇਂ ਹੀ ਜਾਰੀ ਰਹਿਣਗੇ ਅਤੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ।

ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਪਿੰਡ ਨਾਰੋਵਾਲੀ ਦੇ ਸਰਪੰਚ ਹੰਸਾ ਸਿੰਘ, ਪਿੰਡ ਨਾਹਰਪੁਰ ਦੇ ਸਰਪੰਚ ਕਸ਼ਮੀਰ ਸਿੰਘ, ਰਾਜਵਿੰਦਰ ਕੌਰ ਸਰਪੰਚ ਖੱਦਰ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *