ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਚੱਲ ਕੇ ਫ਼ਿਰੋਜ਼ਪੁਰ ਪਹੁੰਚੇਗਾ

ਫ਼ਿਰੋਜ਼ਪੁਰ 17 ਨਵੰਬਰ : 

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸਮਰਪਿਤ ਮਾਲਵਾ ਜੋਨ ਦਾ ਅਲੋਕਿਕ ਨਗਰ ਕੀਰਤਨ 20 ਨਵੰਬਰ ਨੂੰ ਕਿਲ੍ਹਾ ਮੁਬਾਰਕ ਫ਼ਰੀਦਕੋਟ ਵਿੱਚ ਸਥਿਤ ਬਾਬਾ ਫਰੀਦ ਜੀ ਦੇ ਤਪ ਅਸਥਾਨ ਤੋਂ ਸ਼ੁਰੂ ਹੋ ਕੇ ਫ਼ਿਰੋਜ਼ਪੁਰ ਪਹੁੰਚੇਗਾ ਅਤੇ ਅੱਗੇ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਨਗਰ ਕੀਰਤਨ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਦਿੱਤੀ। 

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਬਹੁਤ ਹੀ ਭਾਗਾਂ ਵਾਲੇ ਹਾਂ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਦਾ ਸੁਭਾਗ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਫਿਰੋਜ਼ਪੁਰ ਵਿਖੇ ਨੌਵੇਂ ਗੁਰੂ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਵੀ ਸਫ਼ਲਤਾ ਪੂਰਵਕ ਕਰਵਾਇਆ ਗਿਆ ਸੀ। ਉਨ੍ਹਾਂ ਸਮੁੱਚੇ ਜ਼ਿਲ੍ਹੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 20 ਨਵੰਬਰ ਨੂੰ ਇਸ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਜੋ ਕਿ ਗੋਲੇ ਵਾਲਾ ਤੋਂ ਸ਼੍ਰੀ ਗੁਰੂ ਗਰੰਥ ਸਾਹਿਬ ਨਾਲ ਸੁਸ਼ੋਭਿਤ ਪਾਲਕੀ ਸਾਹਿਬ ਨਾਲ ਫ਼ਰੀਦਕੋਟ ਤੋਂ ਫ਼ਿਰੋਜ਼ਪੁਰ ਵਿੱਚ ਦਾਖਲ਼ ਹੋਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਤ, ਮਹਾਂਪੁਰਖ ਤੇ ਸੰਗਤਾਂ ਸ਼ਾਮਲ ਹੋਣਗੀਆਂ। 

ਉਨ੍ਹਾਂ ਕਿਹਾ ਕਿ ਇਸ ਨਗਰ ਕੀਰਤਨ ਵਿੱਚ ਸਾਰੇ ਰਸਤੇ ਵਿੱਚ ਗੁਰੂ ਸਾਹਿਬ ਦੀ ਪਾਲਕੀ ‘ਤੇ ਫੁੱਲਾਂ ਦੀ ਵਰਖਾ ਹੋਵੇਗੀ, ਸੰਗਤਾਂ ਗੁਰੂ ਦਾ ਜਾਪ ਕਰਨਗੀਆਂ ਤੇ ਲੰਗਰ ਲਗਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਕੀਰਤਨ ਸਬੰਧੀ ਮਰਿਆਦਾ ਤੇ ਸਫਾਈ ਆਦਿ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤੇ ਹਰ ਤਰ੍ਹਾਂ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਕੀਰਤਨ ਸਬੰਧੀ ਸਾਰੀਆਂ ਤਿਆਰੀਆਂ ਪਹਿਲਾਂ ਤੋਂ ਹੀ ਮੁਕੰਮਲ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਸਮੇਤ ਬੈਂਡ ਨਗਰ ਕੀਰਤਨ ਦਾ ਸਵਾਗਤ ਕਰਨਗੇ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਮਿਤੀ 20 ਨਵੰਬਰ ਨੂੰ ਸਵੇਰੇ ਕਿਲ੍ਹਾ ਮੁਬਾਰਕ ਵਿੱਚ ਸਥਿਤ ਬਾਬਾ ਫਰੀਦ ਜੀ ਦੇ ਤਪ ਅਸਥਾਨ ਤੋਂ ਸ਼ੁਰੂ ਹੋਵੇਗਾ ਅਤੇ ਗੋਲੇਵਾਲਾ ਤੋਂ ਹੁੰਦਾ ਹੋਇਆ ਫਿਰੋਜ਼ਪੁਰ ਵਿਖੇ ਦਾਖਲ ਹੋਵੇਗਾ। ਇਹ ਨਗਰ ਕੀਰਤਨ ਫਿਰੋਜ਼ਪੁਰ ਛਾਉਣੀ-ਸ਼ੇਰ ਸ਼ਾਹ ਵਲੀ ਚੌਂਕ- ਭਾਸਕਰ ਚੌਕ – ਗੁਰਦੁਆਰਾ ਸਾਰਾਗੜ੍ਹੀ ਸਾਹਿਬ – ਸ਼ਹੀਦ ਊਧਮ ਸਿੰਘ ਚੌਂਕ- ਮੱਲਵਾਲ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਾਜ਼ੀਦਪੁਰ ਵਿਖੇ ਪਹੁੰਚੇਗਾ। ਉਨ੍ਹਾਂ ਕਿਹਾ ਕਿ ਇਸ ਉਪਰੰਤ ਇਹ ਨਗਰ ਕੀਰਤਨ ਫਿਰੋਜਪੁਰ ਤੋਂ ਮੋਗਾ, ਜਗਰਾਓ, ਲੁਧਿਆਣਾ, ਖੰਨਾ, ਸਰਹਿੰਦ, ਸ੍ਰੀ ਫਤਿਹਗੜ੍ਹ ਸਾਹਿਬ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਰੂਪਨਗਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਨਗਰ ਕੌਂਸਲ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਕੀਰਤਨ ਦੇ ਗੁਜ਼ਰਨ ਉਪਰੰਤ ਵੀ ਸਾਫ ਸਫਾਈ ਯਕੀਨੀ ਬਣਾਈ ਜਾਵੇ। 

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿ) ਨਿਧੀ ਕੁਮੁਦ ਬੰਬਾਹ, ਐਸ.ਡੀ.ਐਮ. ਫਿਰੋਜ਼ਪੁਰ ਗੁਰਦੇਵ ਸਿੰਘ ਧੰਮ, ਡੀਐਸਪੀ ਸੁਖਵਿੰਦਰ ਸਿੰਘ, ਸ਼੍ਰੀਮਤੀ ਲਿੰਦਿਆ ਆਈ.ਏ.ਐਸ. (ਅੰਡਰ ਟ੍ਰੇਨਿੰਗ), ਤਹਿਸੀਲਦਾਰ ਫਿਰੋਜ਼ਪੁਰ ਹਰਮਿੰਦਰ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਐ.ਸਿੱ.) ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *