ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 28 ਅਪ੍ਰੈਲ 2026: ਸੂਬੇ ਦੇ ਕਿਰਤੀ ਵਰਗ ਦੇ ਸਤਿਕਾਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਇਕ ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਕੈਬਨਿਟ ਵੱਲੋਂ ਲਏ ਗਏ ਮਹੱਤਵਪੂਰਨ ਫੈਸਲੇ ਵਿੱਚ ਇਕ ਮਈ ਨੂੰ ਮਜ਼ਦੂਰ ਦਿਵਸ ਦੇ ਮੌਕੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਇੱਕ ਰੋਜ਼ਾ ਸੈਸ਼ਨ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਕਿਰਤੀਆਂ ਅਤੇ ਕਾਰੀਗਰਾਂ ਨੂੰ ਸਮਰਪਿਤ ਹੋਵੇਗਾ।”
ਉਨ੍ਹਾਂ ਅੱਗੇ ਲਿਖਿਆ, “ਇਸ ਇਤਿਹਾਸਕ ਪਹਿਲਕਦਮੀ ਦੇ ਹਿੱਸੇ ਵਜੋਂ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਸਦਨ ਵਿੱਚ ਸੱਦਾ ਦਿੱਤਾ ਜਾਵੇਗਾ। ਇਸ ਸੈਸ਼ਨ ਵਿੱਚ ਮਜ਼ਦੂਰ ਵਰਗ ‘ਤੇ ਮਨਰੇਗਾ ਸਕੀਮ ਵਿੱਚ ਤਬਦੀਲੀਆਂ ਦੇ ਪ੍ਰਭਾਵ ਦੇ ਨਾਲ-ਨਾਲ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਚੁਣੌਤੀਆਂ ‘ਤੇ ਗੰਭੀਰ ਚਰਚਾ ਵੀ ਹੋਵੇਗੀ।”
ਉਨ੍ਹਾਂ ਅੱਗੇ ਕਿਹਾ, “ਸੈਸ਼ਨ ਦੌਰਾਨ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੁਆਰਾ ਨਿਰਧਾਰਤ ਹੋਰ ਜ਼ਰੂਰੀ ਵਿਧਾਨਕ ਕੰਮਕਾਜ ਸਥਾਪਤ ਪ੍ਰਕਿਰਿਆਵਾਂ ਦੇ ਅਨੁਸਾਰ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਵਿਕਾਸ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਹੀ ਜ਼ਰੂਰੀ ਮਹੱਤਵਪੂਰਨ ਫੈਸਲੇ ਲਏ ਜਾਣ।”
ਅੱਜ ਇਸ ਦਾ ਖੁਲਾਸਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਇੱਕ ਰੋਜ਼ਾ ਸੈਸ਼ਨ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਕਿਰਤੀ ਵਰਗ ਦੇ ਅਥਾਹ ਯੋਗਦਾਨ ਨੂੰ ਯਾਦ ਕਰੇਗਾ। ਉਨ੍ਹਾਂ ਅੱਗੇ ਕਿਹਾ,”ਇਹ ਵੀ ਫੈਸਲਾ ਕੀਤਾ ਗਿਆ ਕਿ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵੀ ਸਦਨ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਸੈਸ਼ਨ ਵਿੱਚ ਸੱਦਾ ਦਿੱਤਾ ਜਾਵੇਗਾ। ਸੈਸ਼ਨ ਵਿੱਚ ਮਨਰੇਗਾ ਸਕੀਮ ਨੂੰ ਬਦਲ ਕੇ ਜੀ-ਰਾਮ-ਜੀ ਸਕੀਮ ਲਾਗੂ ਕਰਨ ਨਾਲ ਮਜ਼ਦੂਰ ਵਰਗ ‘ਤੇ ਪਏ ਨਾਕਾਰਤਮਕ ਪ੍ਰਭਾਵਾਂ ‘ਤੇ ਵੀ ਚਰਚਾ ਕੀਤੀ ਜਾਵੇਗੀ।”  
ਇਸ ਤੋਂ ਇਲਾਵਾ ਸੈਸ਼ਨ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵਿਕਾਸ ਦੇ ਮੱਦੇਨਜ਼ਰ ਮਜ਼ਦੂਰ ਵਰਗ ਨੂੰ ਦਰਪੇਸ਼ ਚੁਣੌਤੀਆਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਮਿਆਰੀ ਪ੍ਰਕਿਰਿਆ ਅਨੁਸਾਰ ਵਿਧਾਨਕ ਕੰਮਾਂ ਨੂੰ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੁਆਰਾ ਅੰਤਿਮ ਰੂਪ ਦਿੱਤਾ ਜਾਵੇਗਾ। ਇਹ ਵਿਸ਼ੇਸ਼ ਸੈਸ਼ਨ ਮਜ਼ਦੂਰ ਵਰਗ ਦੇ ਉਨ੍ਹਾਂ ਲੱਖਾਂ ਲੋਕਾਂ ਨੂੰ ਸਮਰਪਿਤ ਹੋਵੇਗਾ, ਜਿਨ੍ਹਾਂ ਨੇ ਦੇਸ਼ ਨੂੰ ਸਫਲ ਅਤੇ ਮਜ਼ਬੂਤ ਲੋਕਤੰਤਰ ਵਿੱਚ ਬਦਲਣ ਵਿੱਚ ਮਦਦ ਕੀਤੀ ਹੈ।

Leave a Reply

Your email address will not be published. Required fields are marked *