ਸੰਗਰੂਰ, 09 ਮਈ- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਅਗਵਾਈ ਹੇਠ ਅੱਜ ਮਿਤੀ 09.05.2026 ਨੂੰ ਜ਼ਿਲ੍ਹਾ ਕਚਹਿਰੀਆਂ ਸੰਗਰੂਰ ਅਤੇ ਉਪ ਮੰਡਲ ਪੱਧਰ ਕਚਹਿਰੀਆਂ ਸੁਨਾਮ, ਮੂਨਕ ਤੇ ਧੂਰੀ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ।
ਜ਼ਿਲ੍ਹਾ ਅਥਾਰਟੀ ਵੱਲੋਂ ਧਿਰਾਂ ਨੂੰ ਆਪਣੇ ਕੇਸਾਂ ਦੇ ਨਿਪਟਾਰੇ ਰਜ਼ਾਮੰਦੀ ਨਾਲ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਨਿਬੇੜਨ ਲਈ ਉਤਸ਼ਾਹਿਤ ਕੀਤਾ ਗਿਆ। ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਸੰਗਰੂਰ ਵਿੱਚ ਕੁੱਲ 17 ਲੋਕ ਅਦਾਲਤ ਦੇ ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀਆਂ ਅਤੇ ਮਾਲ ਅਧਿਕਾਰੀਆਂ ਵੱਲੋਂ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ ਬਣੇ ਸਮੂਹ ਬੈਂਚਾਂ ਦੁਆਰਾ ਕੁੱਲ 18476 ਕੇਸ ਨਿਪਟਾਰੇ ਲਈ ਵਿਚਾਰੇ ਗਏ ਜਿਨਾਂ ਵਿੱਚੋਂ 17298 ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ।
ਲੋਕ ਅਦਾਲਤ ਰਾਹੀਂ ਕੇਸ ਨਿਬੇੜਨ ਦੇ ਲਾਭ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੈਸ਼ਨਜ਼ ਡਵੀਜ਼ਨ ਸੰਗਰੂਰ ਦੇ ਪ੍ਰਸ਼ਾਸਕੀ ਜੱਜ ਸ੍ਰੀਮਤੀ ਜਸਟਿਸ ਅਲਕਾ ਸਰੀਨ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਅਤੇ ਸ੍ਰੀ ਮੁਨਿਸ਼ ਸਿੰਗਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸੰਗਰੂਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਇੱਕ ਕ੍ਰੈਚ ਸਥਾਪਤ ਕੀਤੀ ਜਾ ਰਹੀ ਹੈ।
ਇਸ ਕ੍ਰੈਚ ਦਾ ਮੁੱਖ ਉਦੇਸ਼ ਕੰਮਕਾਜੀ ਮਾਪਿਆਂ ਦੇ ਬੱਚਿਆਂ ਲਈ ਇੱਕ ਸੁਰੱਖਿਅਤ ਅਤੇ ਪਾਲਣ-ਪੋਸ਼ਣ ਵਾਲਾ ਵਾਤਾਵਰਣ ਪ੍ਰਦਾਨ ਕਰਨਾ ਹੈ, ਜਿਸ ਨਾਲ ਮਾਪੇ ਬੱਚਿਆਂ ਦੀ ਦੇਖਭਾਲ ਦੇ ਨਾਲ ਆਪਣੀ ਡਿਊਟੀ ਨੂੰ ਸੰਤੁਲਿਤ ਢੰਗ ਨਾਲ ਕਰ ਸਕਦੇ ਹਨ।
