ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ

ਸ਼੍ਰੀ ਅਨੰਦਪੁਰ ਸਾਹਿਬ, 7 ਮਾਰਚ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਨੂੰ ਕੈਬਨਿਟ ਵੱਲੋਂ ਮੰਜੂਰੀ ਦੇ ਦਿੱਤੀ ਗਈ ਹੈ।ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਹਲਕਾ ਵਿਧਾਇਕ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਬਹੁਤ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਸੀ ਅਤੇ ਗੁਰਮਤਿ ਸਮਾਗਮ ਵੀ ਕਰਵਾਏ ਗਏ ਸਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸਮਾਗਮਾਂ ਦੇ ਆਖ਼ਰੀ ਦਿਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਹੁਣ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਯੂਨੀਵਰਸਿਟੀ ਦੀ ਸਥਾਪਨਾ ਨੂੰ ਮੰਜੂਰੀ ਦੇ ਦਿੱਤੀ ਗਈ ਹੈ, ਜਿਸ ਲਈ ਉਹ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸ਼੍ਰੀ ਅਨੰਦਪੁਰ ਸਾਹਿਬ ਨੂੰ ਯੂਨੀਵਰਸਿਟੀ ਦੇ ਰੂਪ ਵਿੱਚ ਇੱਕ ਵੱਡਾ ਤੋਹਫਾ ਦਿੱਤਾ ਹੈ ਜਿਸ ਲਈ ਹਲਕਾ ਵਾਸੀ ਵੀ ਉਨਾਂ ਦਾ ਦਿਲੋਂ ਧੰਨਵਾਦ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਅਤਿ ਆਧੁਨਿਕ ਤਕਨੀਕਾਂ ਨਾਲ ਲੈਸ ਹੋਵੇਗੀ ਤੇ ਬੱਚਿਆਂ ਨੂੰ ਨਵੀਂ ਤਕਨਾਲੋਜੀ ਨਾਲ ਪੜ੍ਹਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਇਲਾਕੇ ਦੇ ਨੌਜਵਾਨਾਂ ਨੂੰ ਜਿੱਥੇ ਉੱਚ ਪੱਧਰੀ ਸਿੱਖਿਆ ਦਾ ਮੌਕਾ ਪ੍ਰਦਾਨ ਕਰੇਗੀ, ਉੱਥੇ ਹੀ ਵਿਸ਼ਵ ਪੱਧਰ ’ਤੇ ਸ਼੍ਰੀ ਅਨੰਦਪੁਰ ਸਾਹਿਬ ਦੀ ਇੱਕ ਨਵੀਂ ਪਹਿਚਾਣ ਵੀ ਬਣਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦ ਹੀ ਇਸ ਯੂਨੀਵਰਸਿਟੀ ਸੰਬੰਧੀ ਹੋਰ ਮਹੱਤਵਪੂਰਨ ਜਾਣਕਾਰੀਆਂ ਵੀ ਸਾਂਝੀਆਂ ਕਰ ਦਿੱਤੀਆਂ ਜਾਣਗੀਆਂ।

Leave a Reply

Your email address will not be published. Required fields are marked *