ਚੰਡੀਗੜ੍ਹ, 6 ਮਾਰਚ 2026:
ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੇ ਫੈਸਲੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। ਕੈਬਨਿਟ ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਦਾ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਵਾਲਾ ਰਵੱਈਆ ਅਤੇ ਬੇਲੋੜੀ ਨਾਅਰੇਬਾਜ਼ੀ ਸੂਬੇ ਸਰਕਾਰ ਦੀਆਂ ਵਿਕਾਸ ਪਹਿਲਕਦਮੀਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਉਨ੍ਹਾਂ ਦੀਆਂ ਬੇਚੈਨ ਕੋਸ਼ਿਸ਼ਾਂ ਦਾ ਹਿੱਸਾ ਹੈ।
ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੂੰ ਰਾਜ ਦੇ ਖਜ਼ਾਨੇ ਜਾਂ ਇਸਦੇ ਲੋਕਾਂ ਵੱਲ ਧਿਆਨ ਦੇਣ ਦੀ ਬਜਾਏ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਪ੍ਰਮੋਟ ਕਰਨ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਰਾਜ ਦੇ ਸਰੋਤਾਂ ਨੂੰ ਲੁੱਟਣ ਦੀ ਇਜਾਜ਼ਤ ਦਿੱਤੀ ‘ਆਪ’ ਦੀ ਸਰਕਾਰ ਨੇ ਵਿੱਤੀ ਅਨੁਸ਼ਾਸਨ ਅਤੇ ਸੂਬੇ ਦੇ ਅਸਲ ਮਾਇਨੇ ਵਿੱਚ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਜੋ ਕਿ ਦਿੱਲੀ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਪਹਿਲਾਂ ਹੀ ਹਾਸ਼ੀਏ ‘ਤੇ ਜਾ ਚੁੱਕੀ ਹੈ, ਹੁਣ ਆਪਣੇ ਲੋਕ ਵਿਰੋਧੀ ਅਤੇ ਦਲਿਤ ਵਿਰੋਧੀ ਰੁਖ ਕਾਰਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਇਸਦਾ ਮੁਕੰਮਲ ਸਫ਼ਾਇਆ ਯਕੀਨੀ ਹੋ ਗਿਆ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਵਿੱਚ ਵਿਰੋਧੀ ਧਿਰ ਦੇ ਵਿਵਹਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਕਾਂਗਰਸ ਪਾਰਟੀ ਨੂੰ ਦੋ ਵਾਰ ਬੈਠਣ, ਸੁਣਨ ਅਤੇ ਚਰਚਾ ਦੌਰਾਨ ਆਪਣਾ ਜਵਾਬ ਦੇਣ ਲਈ ਕਿਹਾ, ਪਰ ਕਾਂਗਰਸ ਨੇ ਪੂਰੀ ਤਰ੍ਹਾਂ ਲੋਕਤੰਤਰ ਵਿਰੋਧੀ ਰਵੱਈਆਂ ਅਪਨਾਇਆ, ਜਿਨ੍ਹਾਂ ਦਾ ਵਿਵਹਾਰ ਸਾਬਤ ਕਰਦਾ ਹੈ ਕਿ ਉਨ੍ਹਾਂ ਨੂੰ ਸੰਵਿਧਾਨਕ ਮਰਿਆਦਾ ਦੀ ਕੋਈ ਕਦਰ ਨਹੀਂ ਹੈ।
ਆਪਣੇ ਕੈਬਨਿਟ ਸਾਥੀ ਨਾਲ ਹੋਏ ਅਪਮਾਨਜਨਕ ਵਿਵਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਕਾਂਗਰਸ ਦੀ ਦਲਿਤ ਭਾਈਚਾਰੇ ਵਿਰੋਧੀ ਮਾਨਸਿਕਤਾ ਲਈ ਕਰੜੀ ਨਿੰਦਾ ਕੀਤੀ ਅਤੇ ਕਿਹਾ ਕਿ ਲੋਕ ਵੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਾਂਗਰਸ ਹਮੇਸ਼ਾ ਤੋਂ ਦਲਿਤ ਵਿਰੋਧੀ ਰਹੀ ਹੈ। ਉਨ੍ਹਾਂ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਮਿਸਾਲ ਦਿੰਦਿਆਂ ਕਿਹਾ ਕਿ ਉਹ ਅਜਿਹੀ ਸ਼ਖ਼ਸੀਅਤ ਹਨ ਜਿਨ੍ਹਾਂ ਨੇ ਪਹਿਲਾਂ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕੀਤੀ ਅਤੇ ਫਿਰ ਜਨਤਾ ਦੀ ਸੇਵਾ ਕਰਨ ਲਈ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਵੀ ਕਾਂਗਰਸ ਲੀਡਰਸ਼ਿਪ ਨੇ ਅਜਿਹੇ ਯੋਗ ਵਿਅਕਤੀ ਦੀ ਤੁਲਨਾ ‘ਬੈਂਡ ਬਾਜੇ’ ਨਾਲ ਕਰਨ ਦੀ ਹਿੰਮਤ ਕੀਤੀ, ਜੋ ਪੂਰੀ ਤਰ੍ਹਾਂ ਨਿੰਦਣਯੋਗ ਹੈ। ਅੱਜ ਜਦੋਂ ਸਾਡੇ ਸਾਥੀਆਂ ਨੇ ਆਪਣੇ ਨਾਲ ਬੈਂਡ-ਬਾਜੇ ਵਾਲੇ ਲਿਆ ਕੇ ਆਪਣਾ ਰੋਸ ਜ਼ਾਹਰ ਕੀਤਾ ਤਾਂ ਕਾਂਗਰਸੀ ਆਗੂ ਭੜਕ ਉੱਠੇ ਕਿਉਂਕਿ ਉਹ ਖੁਦ ਹੀ ਆਪਣੇ ਹਊਮੈ ਦੇ ਸੱਚ ਦਾ ਸਾਹਮਣਾ ਨਹੀਂ ਕਰ ਸਕੇ।
ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਕਾਂਗਰਸ ਦਾ ਅੱਜ ਦਾ ਰਵੱਈਆ ਇੱਕ ਸ਼ਰਮਨਾਕ ਕਾਰਾ ਹੈ, ਜੋ ਲੋਕਤੰਤਰੀ ਸਿਧਾਂਤਾਂ ‘ਤੇ ਸਿੱਧੇ ਹਮਲੇ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਅਜਿਹਾ ਵਿਵਹਾਰ ਸਦਨ ਅਤੇ ਸੂਬੇ ਦੀਆਂ 75 ਸਾਲ ਪੁਰਾਣੀਆਂ ਸੰਸਦੀ ਪਰੰਪਰਾਵਾਂ ਦਾ ਘੋਰ ਅਪਮਾਨ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਪਿਛਲੇ 75 ਸਾਲਾਂ ਤੋਂ ਰਾਜਪਾਲ ਦਾ ਭਾਸ਼ਣ ਲੋਕਾਂ ਅੱਗੇ ਸੂਬੇ ਦਾ ਰਿਪੋਰਟ ਕਾਰਡ ਰੱਖਣ ਅਤੇ ਭਵਿੱਖ ਦੇ ਰੋਡਮੈਪ ਨੂੰ ਪੇਸ਼ ਕਰਨ ਦਾ ਮਹੱਤਵਪੂਰਨ ਪਲ ਰਿਹਾ ਹੈ। ਇਹ ਸਭ ਜਾਣਦੇ ਹੋਏ ਵੀ ਕਾਂਗਰਸ ਨੇ ਰਾਜਪਾਲ, ਜੋ ਇੱਕ ਸੰਵਿਧਾਨਕ ਮੁਖੀ ਹਨ, ਦੇ ਭਾਸ਼ਣ ਵਿੱਚ ਪਹਿਲੇ ਸ਼ਬਦ ਤੋਂ ਹੀ ਅਣਉਚਿਤ ਨਾਅਰਿਆਂ ਨਾਲ ਵਿਘਨ ਪਾਉਣ ਅਤੇ ਸੰਸਦ ਦੀ ਕਾਰਵਾਈ ਦੇ ਬਾਈਕਾਟ ਦਾ ਮੰਦਭਾਗਾ ਫੈਸਲਾ ਲਿਆ।
ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਵੱਲੋਂ ਇਹ ਹਫੜਾ-ਦਫੜੀ ਪੰਜਾਬ ਸਰਕਾਰ ਦੀ ਅਗਵਾਈ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਜਾਣਬੁੱਝ ਕੇ ਰਚੀ ਗਈ ਸਾਜਿਸ਼ ਦਾ ਹਿੱਸਾ ਸੀ ਕਿਉਂਕਿ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਸਬੰਧੀ ਕਿਸੇ ਵੀ ਚਰਚਾ ‘ਚ ਕੋਈ ਦਿਲਚਸਪੀ ਨਹੀਂ ਹੈ।
‘ਆਪ’ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ, ਜਿਨ੍ਹਾਂ ਵਿੱਚ ਸਰਕਾਰੀ ਵਿਭਾਗਾਂ ਵਿੱਚ 63,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀ ਦੇਣਾ, ਹਰੇਕ ਨਾਗਰਿਕ ਤੱਕ ਸਿਹਤ ਸੰਭਾਲ ਸੇਵਾਵਾਂ ਪਹੁੰਚਾਉਣ ਲਈ ਆਮ ਆਦਮੀ ਕਲੀਨਿਕ ਸ਼ੁਰੂ ਕਰਨਾ ਅਤੇ 90 ਫ਼ੀਸਦ ਪਰਿਵਾਰਾਂ ਨੂੰ ਨਿਰਵਿਘਨ ਮੁਫ਼ਤ ਬਿਜਲੀ ਸਪਲਾਈ ਦੇਣਾ ਸ਼ਾਮਲ ਹੈ, ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ-ਅਕਾਲੀ ਸਰਕਾਰਾਂ ਵੇਲੇ ਕਿਸਾਨਾਂ ਨੂੰ ਰਾਤ ਵੇਲੇ ਖੇਤਾਂ ਦੇ ਵਾਰ-ਵਾਰ ਗੇੜੇ ਲਾਉਣੇ ਪੈਂਦੇ ਸਨ, ਜਦਕਿ ਉਨ੍ਹਾਂ ਦੀ ਸਰਕਾਰ ਨੇ ਅੰਨਦਾਤਾ ਨੂੰ ਦਿਨ ਵੇਲੇ ਵੀ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਪਹੁੰਚਾਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਵਾਰੀ ਕਿਸੇ ਸਰਕਾਰ ਨੇ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ, ਜਿਸ ਨਾਲ ਸਾਡੇ ਕਿਸਾਨਾਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ।
ਅਮਨ ਅਰੋੜਾ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ, ਇਸ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਕੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤੇ ਅਤੇ ਨਸ਼ਿਆਂ ਦਾ ਜੜ੍ਹੋਂ ਖਾਤਮਾ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕਰਕੇ ਪ੍ਰਸ਼ਾਸਨ ਵਿੱਚ ਸੂਬੇ ਦੇ ਲੋਕਾਂ ਦੇ ਵਿਸ਼ਵਾਸ ਨੂੰ ਮੁੜ ਬਹਾਲ ਕੀਤਾ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਨੇ ਅੱਜ ਤੱਕ ਦਲਿਤਾਂ, ਗਰੀਬਾਂ ਅਤੇ ਮਜ਼ਦੂਰਾਂ ਨੂੰ ਇਨਸਾਨ ਸਮਝਣ ਦੀ ਬਜਾਏ ਉਨ੍ਹਾਂ ਨਾਲ ਸਿਰਫ਼ ਇੱਕ ਸਮੱਗਰੀ ਅਤੇ ਵੋਟ ਬੈਂਕ ਵਜੋਂ ਵਿਵਹਾਰ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 6 ਫਰਵਰੀ, 2026 ਨੂੰ ਜੰਡਿਆਲਾ ਗੁਰੂ ਵਿਖੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਲਿਤ ਭਾਈਚਾਰੇ ਵਿਰੁੱਧ ਕੀਤੀਆਂ ਟਿੱਪਣੀਆਂ ਨੇ ਕਾਂਗਰਸੀ ਆਗੂਆਂ ਦੀ ਦਲਿਤ ਵਿਰੋਧੀ ਮਾਨਸਿਕਤਾ ਨੂੰ ਉਜਾਗਰ ਕੀਤਾ ਅਤੇ ਕਾਂਗਰਸ ਪਾਰਟੀ ਦੇ ਅਸਲ ਚਿਹਰੇ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਦਲਿਤ ਵਿਰੋਧੀ ਨੀਤੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸਦੇ ਤਾਬੂਤ ‘ਚ ਆਖਰੀ ਕਿੱਲ ਸਾਬਤ ਹੋਣਗੀਆਂ।
