ਟਰੇਡਰਜ਼ ਕਮਿਸ਼ਨ ਕੋਲ ਆਈਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ ‘ਤੇ ਨਿਪਟਾਰਾ

ਸੰਗਰੂਰ, 13 ਅਪ੍ਰੈਲ: ਟਰੇਡਰਜ਼ ਕਮਿਸ਼ਨ ਕੋਲ ਹਲਕੇ ਪੱਧਰ ‘ਤੇ ਪ੍ਰਾਪਤ ਹੋਈਆਂ ਵੱਖ-ਵੱਖ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ‘ਤੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਰਾਜਬੀਰ ਸਿੰਘ ਭੁੱਲਰ ਵੱਲੋਂ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।

ਮੀਟਿੰਗ ਦੌਰਾਨ ਟਰੇਡਰਜ਼ ਵੱਲੋਂ ਦਰਪੇਸ਼ ਸਮੱਸਿਆਵਾਂ ਅਤੇ ਟਰੇਡਰਜ਼ ਕਮਿਸ਼ਨ ਪਾਸੋਂ ਪ੍ਰਾਪਤ ਸ਼ਿਕਾਇਤਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਹਰ ਸ਼ਿਕਾਇਤ ਦਾ ਸਮਾਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾਵੇ ਤਾਂ ਜੋ ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਟਰੇਡਰਜ਼ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇ ਅਤੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਰੱਖਦਿਆਂ ਕਾਰਵਾਈ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਮਾਮਲੇ ਵਿੱਚ ਦੇਰੀ ਪਾਈ ਜਾਂਦੀ ਹੈ ਤਾਂ ਉਸਦੀ ਜ਼ਿੰਮੇਵਾਰੀ ਸੰਬੰਧਤ ਅਧਿਕਾਰੀ ਦੀ ਹੋਵੇਗੀ।

ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਖੇਤਰਾਂ ਨਾਲ ਸੰਬੰਧਿਤ ਕਾਰਵਾਈ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ ਅਤੇ ਬਕਾਇਆ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਯੋਜਨਾਬੱਧ ਰਣਨੀਤੀ ਤੈਅ ਕੀਤੀ ਗਈ।

ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਕਰਕੇ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ।

ਮੀਟਿੰਗ ਵਿੱਚ ਐਸ.ਪੀ. ਰਾਜੇਸ਼ ਛਿੱਬਰ, ਆਸੂਤੋਸ਼ ਗਰਗ, ਜ਼ਿਲ੍ਹਾ ਟਰੇਡਜ ਕਮਿਸ਼ਨ ਦੇ ਚੇਅਰਮੈਨ ਅਰੁਣ ਕੁਮਾਰ, ਸੁਖਵਿੰਦਰ ਸਿੰਘ ਮਾਨ, ਪ੍ਰਿੰਸ ਗਰਗ, ਰਾਮ ਕੁਮਾਰ, ਅਜੈ ਬਾਂਸਲ, ਪੁਸ਼ਪਿੰਦਰ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਮੈਂਬਰ ਮੌਜੂਦ ਸਨ।

Leave a Reply

Your email address will not be published. Required fields are marked *