ਜ਼ਿਲ੍ਹਾ ਮੋਗਾ ਦੇ ਚਾਰੇ ਹਲਕਿਆਂ ਵਿੱਚ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਅੱਗੇ ਰਹੇ

ਮੋਗਾ, 4 ਜੂਨ (000) – ਲੋਕ ਸਭਾ ਚੋਣਾਂ – 2024 ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਆਜ਼ਾਦ ਉਮੀਦਵਾਰ ਸ੍ਰ ਸਰਬਜੀਤ ਸਿੰਘ ਖਾਲਸਾ ਵਿਰੋਧੀ ਉਮੀਦਵਾਰਾਂ ਤੋਂ ਅੱਗੇ ਰਹੇ। ਚੋਣਾਂ ਅਮਲ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਨ ਉੱਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਧਿਰਾਂ ਦਾ ਧੰਨਵਾਦ ਕੀਤਾ ਹੈ।
ਚੋਣ ਨਤੀਜਿਆਂ ਬਾਰੇ ਵੇਰਵੇ ਸਹਿਤ ਜਾਣਕਾਰੀ ਦਿੰਦਿਆਂ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਆਜ਼ਾਦ ਉਮੀਦਵਾਰ ਸ੍ਰ ਸਰਬਜੀਤ ਸਿੰਘ ਖਾਲਸਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਤੋਂ ਵਿਧਾਨ ਸਭਾ ਹਲਕਾ ਮੋਗਾ ਵਿਚ 2079 ਵੋਟਾਂ ਨਾਲ, ਵਿਧਾਨ ਸਭਾ ਹਲਕਾ ਧਰਮਕੋਟ ਵਿੱਚ 561 ਵੋਟਾਂ ਨਾਲ, ਹਲਕਾ ਬਾਘਾਪੁਰਾਣਾ ਵਿੱਚ 11605 ਵੋਟਾਂ ਨਾਲ ਅਤੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਵਿੱਚ 21677 ਵੋਟਾਂ ਨਾਲ ਅੱਗੇ ਰਹੇ। ਇਸ ਤਰਾਂ ਉਹ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਤੋਂ 35922 ਵੋਟਾਂ ਨਾਲ ਅੱਗੇ ਰਹੇ।
ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਵਿੱਚ ਵੋਟਾਂ ਅਤੇ ਗਿਣਤੀ ਦਾ ਕੰਮ ਅਮਨ ਅਮਾਨ ਨਾਲ ਸਿਰੇ ਚੜ੍ਹਨ ਉੱਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਉਮੀਦਵਾਰਾਂ, ਵੋਟਰਾਂ ਅਤੇ ਚੋਣ ਅਮਲੇ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਬੜ੍ਹੀ ਤਤਪਰਤਾ ਨਾਲ ਆਪਣੀ ਆਪਣੀ ਜਿੰਮੇਵਾਰੀ ਨਿਭਾਈ।

Leave a Reply

Your email address will not be published. Required fields are marked *