ਝੋਨੇ ਦਾ ਖਰੀਦ ਸੀਜ਼ਨ: ਪੰਜਾਬ ਸਰਕਾਰ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਮੰਡੀਆਂ ਵਿੱਚ ਪੀਏਯੂ ਦੁਆਰਾ ਕੈਲੀਬਰੇਟਿਡ ਨਮੀ ਮੀਟਰ ਲਾਏਗੀ

ਚੰਡੀਗੜ੍ਹ, 26 ਅਗਸਤ:

ਸਾਉਣੀ ਖਰੀਦ ਸੀਜ਼ਨ ਤੋਂ ਪਹਿਲਾਂ ਝੋਨੇ ਦੇ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੇ ਮੰਤਰੀ ਸਮੂਹ (ਜੀਓਐਮਜ਼) ਨੇ ਅੱਜ ਫੈਡਰੇਸ਼ਨ ਆਫ਼ ਆੜਤੀਆ ਐਸੋਸੀਏਸ਼ਨ, ਪੰਜਾਬ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ।
ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ  ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆੜ੍ਹਤੀਆ ਐਸੋਸੀਏਸ਼ਨ, ਜਿਸਦੀ ਅਗਵਾਈ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਕਰ ਰਹੇ ਸਨ, ਨਾਲ ਉਸਾਰੂ ਵਿਚਾਰ-ਵਟਾਂਦਰਾ ਕੀਤਾ। ਕੈਬਨਿਟ ਮੰਤਰੀਆਂ ਨੇ ਐਸੋਸੀਏਸ਼ਨ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਸਾਰੇ ਜਾਇਜ਼ ਮੁੱਦਿਆਂ ਦੇ ਹੱਲ ਦਾ ਭਰੋਸਾ ਦਿੱਤਾ।

ਐਸੋਸੀਏਸ਼ਨ ਦੀ ਮੁੱਖ ਮੰਗ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੁਆਰਾ ਕੈਲੀਬਰੇਟ ਕੀਤੇ ਨਮੀ ਮੀਟਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਨਮੀ ਦੀ ਮਾਤਰਾ ਦੇ ਮੁਲਾਂਕਣ ਵਿੱਚ ਇਕਸਾਰਤਾ ਅਤੇ ਸਟੀਕਤਾ ਲਿਆਉਣਾ ਹੈ।

ਐਸੋਸੀਏਸ਼ਨ ਨੇ ਫ਼ਸਲ ਦੀ ਵਾਢੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਝੋਨੇ ਦੀ ਫਸਲ ਵਿੱਚ ਨਮੀ ਦੀ ਮਾਤਰਾ ਦੇ ਪ੍ਰਬੰਧਨ ਲਈ ਕੰਬਾਈਨ ਨਾਲ ਵਾਢੀ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕਰਨ ਦੀ ਵੀ ਬੇਨਤੀ ਕੀਤੀ।

ਖਰੀਦ ਕਾਰਜਾਂ ਵਿੱਚ ਆੜ੍ਹਤੀਆਂ ਦੀ ਮਹੱਤਵਪੂਰਨ ਭੂਮਿਕਾ ਨੂੰ ਮੰਨਦਿਆਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆੜ੍ਹਤੀਆਂ ਦੀ ਭਲਾਈ ਲਈ ਵਚਨਬੱਧ ਹੈ। ਕੈਬਨਿਟ ਮੰਤਰੀਆਂ ਨੇ ਐਸੋਸੀਏਸ਼ਨ ਨੂੰ ਇਹ ਵੀ ਭਰੋਸਾ ਦਿੱਤਾ ਕਿ ਸਾਉਣੀ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਸ਼ੈੱਡ, ਬਿਜਲੀ ਸਮੇਤ ਸਾਰੇ ਜ਼ਰੂਰੀ ਬੁਨਿਆਦੀ ਢਾਂਚੇ ਦੀ ਵਿਵਸਥਾ ਕੀਤੀ ਜਾਵੇਗੀ।

ਇਸ ਦੌਰਾਨ, ਆੜ੍ਹਤੀਆ ਐਸੋਸੀਏਸ਼ਨ ਨੇ ਮੰਡੀ ਲੇਬਰ ਦਰਾਂ ਵਿੱਚ ਹਾਲ ਹੀ ਵਿੱਚ ਕੀਤੇ ਗਏ 10 ਫੀਸਦ ਵਾਧੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਫੈਸਲਾ ਮੰਡੀਆਂ ‘ਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਭਲਾਈ ਲਈ ਵਧੇਰੇ ਮਹੱਤਵਪੂਰਨ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਬੰਧਕੀ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਡਾ. ਬਸੰਤ ਗਰਗ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ, ਐਮਡੀ ਪਨਸਪ ਸੋਨਾਲੀ ਗਿਰੀ, ਡਾਇਰੈਕਟਰ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਸਬੰਧਤ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *