ਜ਼ਿਲ੍ਹਾ ਤਰਨ ਤਾਰਨ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਤਰਨ ਤਾਰਨ, 10 ਜਨਵਰੀ (     ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਦਿਆਂ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਜ਼ਿਲ੍ਹਾ ਤਰਨ ਤਾਰਨ ਦੇ ਚਾਰੇ ਵਿਧਾਨ ਸਭਾ ਹਲਕੇ ਤਰਨ ਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਵਿਖੇ ਅੱਜ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਵੱਲੋਂ ਪਿੰਡਾਂ ਵਿੱਚ ਵਿਸ਼ੇਸ਼ ਇਕੱਤਰਤਾ ਕਰਕੇ ਪੈਦਲ ਯਾਤਰਾਵਾਂ ਕੱਢ ਕੇ ਨਸ਼ਿਆਂ ਖਿਲਾਫ ਹੋਕਾ ਦਿੱਤਾ ਗਿਆ।

ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕਿੜੀਆਂ, ਮਰੜ, ਜੌਣੇਕੇ, ਮਰਹਾਣਾ ਅਤੇ ਨੱਥੂਪੁਰ ਵਿਖੇ ਨਸ਼ਾ ਮੁਕਤੀ ਪੈਦਲ ਯਾਤਰਾਵਾਂ ਦੀ ਸ਼ੁਰੂਆਤ ਕਰਦਿਆਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਰੋਜ਼ਾਨਾਂ ਹਰ ਵਿਧਾਨ ਸਭਾ ਹਲਕੇ ਦੇ ਕਰੀਬ 20 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ, ਜਿੱਥੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਵੱਲੋਂ ਪਿੰਡਾਂ ਵਿੱਚ ਵਿਸ਼ੇਸ਼ ਪੈਦਲ ਯਾਤਰਾਵਾਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਦਿਨ ਇਸ ਮੁਹਿੰਮ ਨੂੰ ਜ਼ਿਲ੍ਹੇ ਦੇ ਪਿੰਡਾਂ ਵਿੱਚੋਂ ਲੋਕਾਂ ਦਾ ਭਰਵਾਂ ਹੁੰਗਾਰਾ ਮਿਿਲਆ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਪਹਿਲੇ ਪੜਾਅ ਦੌਰਾਨ ਤਸਕਰਾਂ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ। ਇਸ ਦੇ ਨਾਲ ਨਸ਼ਾ ਤਸਕਰਾਂ ਨੂੰ ਸਜ਼ਾ ਦਰ ਵਧਣ ਦੇ ਨਾਲ-ਨਾਲ ਯੁੱਧ ਨਸ਼ਿਆਂ ਵਿਰੁੱਧ ਵਿੱਚ ਲੋਕਾਂ ਦੀ ਸ਼ਮੂਲੀਅਤ ਵਧੀ। ਉਨ੍ਹਾਂ ਕਿਹਾ ਕਿ ਦੂਜਾ ਪੜਾਅ ਸੂਬੇ ਵਿੱਚ ਡਰੱਗ ਨੈੱਟਵਰਕ ਨੂੰ ਖਤਮ ਕਰਨ ਲਈ ਪੰਜਾਬ ਨੂੰ ਇਕਜੁਟ ਕਰੇਗਾ।

ਸੂਬੇ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ, ‘ਯੁੱਧ ਨਸ਼ਿਆਂ ਵਿਰੁੱਧ ਦੇ ਪਹਿਲੇ ਪੜਾਅ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਦੂਜਾ ਪੜਾਅ ਅੱਜ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾ ਪੜਾਅ 1 ਮਾਰਚ 2025 ਨੂੰ ਲਗਭਗ 10 ਮਹੀਨੇ ਪਹਿਲਾਂ ਸ਼ੁਰੂ ਕੀਤਾ ਗਿਆ ਸੀ, ਅਤੇ ਜਿਸ ਇਮਾਨਦਾਰੀ, ਸਖ਼ਤ ਮਿਹਨਤ ਅਤੇ ਦ੍ਰਿੜਤਾ ਨਾਲ ਇਸ ਨੂੰ ਲਾਗੂ ਕੀਤਾ ਗਿਆ ਸੀ, ਉਹ ਪਹਿਲਾਂ ਕਦੇ ਨਹੀਂ ਦੇਖਿਆ ਗਿਆ, ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਭਰ ਦੇ ਕਿਸੇ ਵੀ ਸੂਬੇ ਵਿੱਚ, ਨਸ਼ਿਆਂ ਵਿਰੁੱਧ ਲੜਾਈ ਏਨੇ ਵਿਆਪਕ ਢੰਗ ਨਾਲ ਨਹੀਂ ਲੜੀ ਗਈ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ 10 ਜਨਵਰੀ ਤੋਂ 30 ਜਨਵਰੀ ਦਰਮਿਆਨ ਇਸ ਲਹਿਰ ਵਿੱਚ ਪੂਰੇ ਸੂਬੇ ਨੂੰ ਸ਼ਾਮਲ ਕਰਨ ਲਈ ਪੰਜਾਬ ਦੇ ਹਰ ਗਲੀ, ਕੋਨੇ, ਮੁਹੱਲੇ ਅਤੇ ਪਿੰਡ ਵਿੱਚ ਪੈਦਲ ਯਾਤਰਾਵਾਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਦਾ ਦੂਜਾ ਪੜਾਅ ਪਹਿਲੇ ਪੜਾਅ ਨਾਲੋਂ ਵੀ ਵੱਧ ਸਫਲ ਹੋਵੇਗਾ।

ਉਨ੍ਹਾਂ ਕਿਹਾ ਕਿ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਰਗਰਮੀ ਨਾਲ ਕੰਮ ਕਰਨ ਨਾਲ ਪੰਜਾਬ ਦੇ ਲੋਕਾਂ ਨੂੰ ਹੁਣ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਮਿਲ ਕੇ ’ਰੰਗਲਾ ਪੰਜਾਬ’ ਅਤੇ ਨਸ਼ਾ ਮੁਕਤ ਪੰਜਾਬ ਬਣਾਉਣਗੇ।

ਇਸ ਮੌਕੇ ਹਲਕਾ ਪੱਟੀ ਦੇ ਕੋਆਰਡੀਨੇਟਰ ਪਰਮਜੀਤ ਸਿੰਘ ਚੰਬਲ, ਬਲਾਕ ਕੋਆਰਡੀਨੇਟ ਗੁਰਦਿਆਲ ਸਿੰਘ, ਅਵਤਾਰ ਸਿੰਘ ਸਭਰਾ, ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ, ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।

Leave a Reply

Your email address will not be published. Required fields are marked *