ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

 ਕੋਟਕਪੂਰਾ 9 ਜਨਵਰੀ (  ) ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਜਿਨ੍ਹਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ਤੇ ਨਹੀਂ ਪੈ ਸਕਦਾ । ਇਹ ਪ੍ਰਗਟਾਵਾ  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਅਤੇ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਕਿਸੇ ਵੀ ਕੀਮਤ ਤੇ ਅਣਗੌਲਿਆ ਨਹੀਂ ਕੀਤਾ ਜਾਵੇਗਾ ।

ਉਨ੍ਹਾਂ ਦੱਸਿਆ ਕਿ ਕੋਟਕਪੂਰਾ ਵਿਖੇ ਬਨਣ ਵਾਲੀ ਪੰਜਾਬੀ ਜੁੱਤੀ ਦੀ ਸੂਬੇ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਕਾਫੀ ਮੰਗ ਹੈ । ਇਸ ਕਿੱਤੇ ਨਾਲ ਜੁੜੇ ਹੋਏ ਲੋਕ ਦਿਨ ਰਾਤ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ ਰੋਟੀ ਕਮਾਉਂਦੇ ਹਨ । ਉਨ੍ਹਾਂ ਕਿਹਾ ਕਿ ਜੁੱਤੀ ਬਨਾਉਣ ਦੇ ਕਾਰੋਬਾਰ ਨੂੰ ਉੱਚੇ ਦਰਜੇ ਤੇ ਲੈ ਕੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜੇਕਰ ਜੁੱਤੀ ਦੀ ਬਰੈਂਡਿੰਗ ਕਰਕੇ ਉਸ ਨੂੰ ਵੇਚਿਆ ਜਾਵੇ ਤਾਂ ਚੰਗਾ ਮੁਨਾਫਾ ਕਮਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਕੱਲ ਦੀ ਨੌਜਵਾਨ ਪੀੜੀ ਨੂੰ ਹੱਥੀ ਕਿਰਤ ਵਾਲੇ ਕੰਮ ਵੱਲ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਛੋਟੇ ਉਦਯੋਗਪਤੀਆਂ, ਕਾਰੀਗਰਾਂ, ਵਪਾਰੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ । 

ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ੇ ਨੂੰ ਜੜੋਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਹਲਕੇ ਵਿੱਚ ਗਲੀਆਂ, ਨਾਲੀਆਂ ਨੂੰ ਪੱਕਾ ਕਰਨ ਅਤੇ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਲਗਭਗ 20 ਦੇ ਕਰੀਬ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ।

ਇਸ ਮੌਕੇ ਜੁੱਤੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *