ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ – ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ

ਗੁਰਦਾਸਪੁਰ, 09 ਜੁਲਾਈ (          ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਦੇ ਸਕੱਤਰ ਸ. ਹਰਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਝਗੜ‌ਿਆਂ ਨੂੰ ਲੋਕ ਅਦਾਲਤਾਂ ਰਾਹੀਂ ਹੱਲ ਕਰਵਾਉਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧੰਨ ਅਤੇ ਸਮਾਂ ਬਚਾਉਣ ਦੇ ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫ਼ੈਸਲੇ ਲਈ ਸ਼ਾਮਿਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਜੋ ਝਗੜਾ ਅਦਾਲਤ ਵਿੱਚ ਨਾ ਚੱਲਦਾ ਹੋਵੇ, ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜ਼ੀਨਾਮੇ ਲਈ ਲਿਆਂਦਾ ਜਾ ਸਕਦਾ ਹੈ।

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ. ਹਰਪ੍ਰੀਤ ਸਿੰਘ ਨੇ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ, ਜੇਕਰ ਕੇਸ ਅਦਾਲਤ ਵਿੱਚ ਲੰਬਿਤ ਹੈ ਤਾਂ ਸਬੰਧਿਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ/ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ ਤਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ। ਲੋਕ ਅਦਾਲਤ ਵਿੱਚ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ। ਇਸ ਦੇ ਫ਼ੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਲੋਕ ਅਦਾਲਤਾਂ ਦੇ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਵਿਚ ਫ਼ੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ ਇਸ ਦੇ ਫ਼ੈਸਲੇ ਅੰਤਿਮ ਹੁੰਦੇ ਹਨ।

ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਅਤੇ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਲਈ ਜ਼ਿਲ੍ਹਾ ਤੇ ਸੈਸ਼ਨਜ਼-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਜਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *