ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਲਗਾਏ ਕਿਸਾਨ ਜਾਗਰੂਕਤਾ ਕੈਂਪ

ਪਟਿਆਲਾ, 11 ਜੂਨ:

                ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਤਕਨੀਕੀ ਸਹਾਇਤਾ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦੇ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਰੋੜਗੜ੍ਹ, ਸਿਉਣਾ, ਰੌਗਲਾ ਅਤੇ ਲਚਕਾਣੀ ਵਿੱਚ ਕੈਂਪ ਲਗਾ ਕੇ ਕਿਸਾਨਾਂ ਨਾਲ ਵਿਗਿਆਨਕ ਜਾਣਕਾਰੀ ਸਾਂਝੀ ਕੀਤੀ ਗਈ।

                ਇਸ ਮੁਹਿੰਮ ਬਾਰੇ ਗੱਲ ਕਰਦਿਆਂ ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਡਾ. ਹਰਦੀਪ ਸਿੰਘ ਸਭਿਖੀ ਨੇ ਦੱਸਿਆ ਕੇ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ, ਇਹਨਾਂ ਦੀ ਲੁਆਈ ਦੇ ਢੁਕਵੇਂ ਸਮੇਂ, ਖਾਦ ਪ੍ਰਬੰਧਨ, ਬਾਗਬਾਨੀ ਅਤੇ ਭੋਜਨ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

                ਆਪਣੇ ਭਾਸ਼ਣ ਦੇ ਵਿੱਚ ਡਾ. ਹਰਦੀਪ ਸਿੰਘ ਸਭਿਖੀ ਨੇ ਝੋਨੇ ਦੀ ਪਨੀਰੀ ਦੀ ਸਾਂਭ ਸੰਭਾਲ ਬਾਰੇ ਦੱਸਿਆ। ਡਾ. ਗੁਰਉਪਦੇਸ਼ ਕੌਰ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਆਯੋਜਿਤ ਕੀਤੇ ਜਾਂਦੇ ਕਿੱਤਾ ਮੁਖੀ ਸਿਖਲਾਈ ਕੋਰਸ ਅਤੇ ਪੌਸ਼ਟਿਕ ਖ਼ੁਰਾਕ ਦੀ ਮਹੱਤਤਾ ਬਾਰੇ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ।

                ਇਸ ਮੌਕੇ ਬੋਲਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪਰਮਜੀਤ ਕੌਰ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਦੇ ਮਹੱਤਵ ਬਾਰੇ ਦੱਸਦਿਆਂ ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਇਲਾਕੇ ਦੇ ਉੱਦਮੀ ਕਿਸਾਨ ਜਗਤਾਰ ਸਿੰਘ ਨੇ ਆਈਆਂ ਹੋਇਆਂ ਟੀਮਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *